ਰੈਪਿਡ ਐਕਸ਼ਨ ਫੋਰਸ ਵੱਲੋਂ ਪੈਲੇਟ ਗੰਨ ਦੀ ਵਰਤੋਂ ’ਤੇ ਪਾਬੰਦੀ,ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਕੀਤੀ ਸੀ ਵਰਤੋਂ

ਰੈਪਿਡ ਐਕਸ਼ਨ ਫੋਰਸ (RAF) ਨੇ ਪੈਲੇਟ ਗੰਨ (pellet gun) ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਉੱਚ ਪੱਧਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਨਿਰਦੇਸ਼ ਕੌਮੀ ਰਾਜਧਾਨੀ ਦੇ ਜੰਤਰ-ਮੰਤਰ ਵਿਚ ਕੌਕਰੇਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਨੀਟ (NEET) ਪੇਪਰ ਲੀਕ ਪ੍ਰਦਰਸ਼ਨਾਂ ਦੌਰਾਨ ਫ਼ੋਰਸ ਦੇ ਨੇਮਾਂ ਦੀ ਸਮੀਖਿਆ ਕਰਨ ਸਮੇਂ ਜਾਰੀ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਰਾਜਧਾਨੀ ਵਿੱਚ ਨਿਹੱਥੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਆਰ.ਏ.ਐੱਫ. (RAF) ਜਵਾਨਾਂ ਵੱਲੋਂ ਲੋੜ ਤੋਂ ਵੱਧ ਤਾਕਤ ਵਰਤਣ ਅਤੇ ਖ਼ਾਸ ਕਰਕੇ ਪੈਲੇਟ ਗੰਨ ਦੀ ਵਰਤੋਂ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਫ਼ੋਰਸ ਦੇ ਉੱਚ ਅਧਿਕਾਰੀਆਂ ਨੇ ਹੁਕਮ ਦਿੱਤੇ ਹਨ ਕਿ ਅਗਲੇ ਹੁਕਮਾਂ ਤੱਕ ਪੈਲੇਟ ਗੰਨ, ਰੌਇਟ ਗੰਨ (riot guns), ਇਲੈਕਟ੍ਰਿਕ ਸ਼ੌਕ ਡਿਵਾਈਸ ਅਤੇ ਇਲੈਕਟ੍ਰਿਕ ਸ਼ੀਲਡਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। 20 ਜੁਲਾਈ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਫ਼ੋਰਸ ਦੇ ਨੇਮਾਂ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਕਈ ਵਿਦਿਆਰਥੀਆਂ ਨੂੰ ਪੈਲੇਟ ਗੰਨ ਦੀ ਵਰਤੋਂ ਕਾਰਨ ਗੰਭੀਰ ਸੱਟਾਂ ਲੱਗੀਆਂ ਸਨ। ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਅਰਧ-ਸੈਨਿਕ ਬਲ ਦੇ ਜਵਾਨਾਂ ਨੇ ਕਈ ਥਾਵਾਂ ‘ਤੇ ਵਿਦਿਆਰਥੀਆਂ ‘ਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕਾਰਵਾਈ ਕੀਤੀ। ਸਮੀਖਿਆ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਹੁਣ ਤੋਂ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਸੰਭਾਲਣ ਵੇਲੇ ਆਰ.ਏ.ਐੱਫ. (RAF) ਵੱਲੋਂ ਕੀਤੀ ਜਾਣ ਵਾਲੀ ਕੋਈ ਵੀ ਕਾਰਵਾਈ ਪ੍ਰੋਟੋਕੋਲ ਦੇ ਅਨੁਸਾਰ ਹੋਵੇਗੀ। ਮਾਹਿਰਾਂ ਅਨੁਸਾਰ ਅੰਤਰਰਾਸ਼ਟਰੀ ਸੰਧੀਆਂ ਅਤੇ ਸਮਝੌਤੇ ਪੈਲੇਟ ਗੰਨ ਦੀ ਵਰਤੋਂ ਦੀ ਮਨਾਹੀ ਕਰਦੇ ਹਨ ਪਰ ਇਸ ਦੇ ਬਾਵਜੂਦ ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਇਨ੍ਹਾਂ ਦੀ ਵਰਤੋਂ ਕੀਤੀ ਗਈ ਸੀ।

Total Views: 2 ,
Real Estate