
ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।ਮੋਰਚੇ ਦੇ ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਆਪਣਾ ਰੋਸ ਜ਼ਾਹਰ ਕੀਤਾ ਗਿਆ ਹੈ।





















