ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਯੂਨੀਵਰਸਿਟੀ ਕਾਲਜ ਜੈਤੋ ਦਾ ਦੌਰਾ
ਜੈਤੋ /ਬਠਿੰਡਾ, 28 ਨਵੰਬਰ (ਪਰਮਿੰਦਰ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਕਾਲਜ ਜੈਤੋ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਲਜ ਦੇ ਸਮੂਹ ਸਟਾਫ਼ ਨਾਲ ਤਕਰੀਬਨ ਤਿੰਨ ਘੰਟੇ ਦਾ ਸਮਾਂ ਬਿਤਾਇਆ ਅਤੇ ਕਾਲਜ ਦੇ ਪ੍ਰਬੰਧਕੀ ਮਾਮਲਿਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਮਯਾਬੀ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਕੈਂਪਸ ਵਿਖੇ 150 ਅਤੇ ਕੰਸਟੀਚੂਐਂਟ ਕਾਲਜਾਂ ਵਿੱਚ 100 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਰਾਹੀਂ 1200 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰੀਆਂ ਜਾਣਗੀਆਂ।
ਉਨ੍ਹਾਂ ਇਹ ਵੀ ਦੱਸਿਆ ਕਿ ਕੰਸਟੀਚੂਐਂਟ ਕਾਲਜਾਂ ਦੇ ਸੁਚਾਰੂ ਪ੍ਰਬੰਧ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਤਜਰਬੇਕਾਰ ਪ੍ਰੋਫੈਸਰਾਂ ਵਿੱਚੋਂ ਚੋਣ ਪ੍ਰਕਿਰਿਆ ਰਾਹੀਂ ਕੈਂਪਸ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਜਾਣਗੇ।
ਉਨ੍ਹਾਂ ਨੇ ਯੂਨੀਵਰਸਿਟੀ ਕਾਲਜ ਜੈਤੋ ਵਿਚ ਮੌਜੂਦ ਸੀਮਤ ਸਾਧਨਾਂ ਦੇ ਬਾਵਜੂਦ ਸਮੂਹ ਸਟਾਫ਼ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟਾਫ਼ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਵਾਈਸ ਚਾਂਸਲਰ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਅਤੇ ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ, ਡਾ. ਰਾਜੀਵ ਕਪੂਰ ਅਤੇ ਇੰਜੀ. ਅਰਸ਼ਦੀਪ ਬਰਾੜ ਤੋਂ ਇਲਾਵਾ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਵਿਦਿਅਕ ਅਦਾਰਿਆਂ ਦੀ ਕਾਮਯਾਬੀ ਲਈ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ: ਵਾਈਸ ਚਾਂਸਲਰ ਡਾ. ਜਗਦੀਪ ਸਿੰਘ
Total Views: 2 ,
Real Estate



















