ਯੂਨੀਵਰਸਿਟੀ ਕਾਲਜ ਜੈਤੋ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਾਈਕਲ ਰੈਲੀ ਕੱਢੀ ਗਈ

ਜੈਤੋ /ਬਠਿੰਡਾ, 29 ਨਵੰਬਰ (ਪਰਮਿੰਦਰ ਸਿੰਘ ਸਿੱਧੂ)- ਯੂਨੀਵਰਸਿਟੀ ਕਾਲਜ ਜੈਤੋ ਅਤੇ ਮਾਸਟਰ ਕਰਤਾ ਰਾਮ ਸੇਵਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵੱਲੋਂ ਸਾਂਝੇ ਤੌਰ ‘ਤੇ ਨਸ਼ਾ ਮੁਕਤ ਯੁਵਾ ਅਭਿਆਨ ਤਹਿਤ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਅਤੇ ‘ਸੰਡੇਜ਼ ਆਨ ਸਾਈਕਲ’ ਮੁਹਿੰਮ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ, ਲੇਖਾ ਅਧਿਕਾਰੀ ਮਨਜੀਤ ਸਿੰਘ ਭੁੱਲਰ, ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਉੱਚ ਸੀਨੀਅਰ ਫੈਕਲਟੀ ਡਾ. ਪਰਮਿੰਦਰ ਸਿੰਘ ਤੱਗੜ ਅਤੇ ਪ੍ਰੋ. ਸ਼ਿਲਪਾ ਕਾਂਸਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸਕੂਲ ਜੈਤੋ ਦੇ ਪ੍ਰਿੰਸੀਪਲ ਮਿਲਨਦੀਪ ਕੌਰ ਅਤੇ ਵੀਰਪਾਲ ਕੌਰ ਨੇ ਵੀ ਰੈਲੀ ਵਿੱਚ ਸ਼ਮੂਲੀਅਤ ਕੀਤੀ।
ਇਹ ਸਾਈਕਲ ਰੈਲੀ ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਅਗਵਾਈ ਹੇਠ ਕੱਢੀ ਗਈ। ਇਸ ਵਿੱਚ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਸਾਈਕਲਿੰਗ ਵਰਗੀਆਂ ਸਿਹਤਮੰਦ ਗਤੀਵਿਧੀਆਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੀਆਂ ਹਨ।

Real Estate